1. ਮੁੱਖ ਪੰਨਾ
  2. ਰਾਜਨੀਤੀ
  3. ਫ਼ੈਡਰਲ ਰਾਜਨੀਤੀ

ਟ੍ਰੂਡੋ ਨੇ ਭਾਰਤ ਸਰਕਾਰ ‘ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ

ਜੂਨ ਵਿਚ ਹਰਦੀਪ ਸਿੰਘ ਨਿੱਝਰ ਦਾ ਸਰੀ ਵਿਚ ਕਤਲ ਹੋਇਆ ਸੀ

ਹਰਦੀਪ ਸਿੰਘ ਨਿੱਝਰ (ਵਿਚਕਾਰ) ਦੀ 2019 ਦੀ ਤਸਵੀਰ। I 18 ਜੂਨ ਨੂੰ ਨਿੱਝਰ ਦਾ ਸਰੀ ਦੇ ਗੁਰਦੁਆਰੇ ਦੇ ਪਾਰਕਿੰਗ ਲੌਟ ਵਿਚ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ।

ਹਰਦੀਪ ਸਿੰਘ ਨਿੱਝਰ (ਵਿਚਕਾਰ) ਦੀ 2019 ਦੀ ਤਸਵੀਰ। I 18 ਜੂਨ ਨੂੰ ਨਿੱਝਰ ਦਾ ਸਰੀ ਦੇ ਗੁਰਦੁਆਰੇ ਦੇ ਪਾਰਕਿੰਗ ਲੌਟ ਵਿਚ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ।

ਤਸਵੀਰ:  (Ben Nelms/CBC)

RCI

ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਨੇ ਕੈਨੇਡਾ ਵਿਚ ਹਰਦੀਪ ਸਿੰਘ ਨਿਝਰ ਦੇ ਹੋਏ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ।

ਸਰੀ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਨੂੰ 18 ਜੂਨ ਨੂੰ ਗੁਰਦੁਆਰੇ ਦੇ ਪਾਰਕਿੰਟ ਲੌਟ ਵਿਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ I

ਹਰਦੀਪ ਸਿੰਘ ਨਿੱਝਰ ਖ਼ਾਲਿਸਤਾਨ ਦਾ ਸਮਰਥਕ ਸੀ ਅਤੇ ਭਾਰਤ ਸਰਕਾਰ ਵੱਲੋਂ ਨਿੱਝਰ ਉੱਤੇ ਇੱਕ ਅੱਤਵਾਦੀ ਵੱਖਵਾਦੀ ਸੰਗਠਨ ਦੀ ਅਗਵਾਈ ਦਾ ਇਲਜ਼ਾਮ ਲਾਉਂਦਿਆਂ ਉਸ ਨੂੰ ਅੱਤਵਾਦੀ ਕਰਾਰ ਦਿੱਤਾ ਹੋਇਆ ਸੀ। ਨਿੱਝਰ ਦੇ ਸਮਰਥਕ ਅਜਿਹੇ ਇਲਜ਼ਾਮਾਂ ਨੂੰ ਨਕਾਰਦੇ ਰਹੇ ਹਨ।

ਹੁਣ ਟ੍ਰੂਡੋ ਦਾ ਕਹਿਣਾ ਹੈ ਕਿ ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਤੰਤਰ ਕੋਲ ਇਹ ਮੰਨਣ ਦੇ ਕਾਰਨ ਮੌਜੂਦ ਹਨ ਕਿ ਇਸ ਕੈਨੇਡੀਅਨ ਨਾਗਰਿਕ ਦੀ ਹੱਤਿਆ ਭਾਰਤ ਸਰਕਾਰ ਦੇ ਏਜੰਟਾਂ ਨੇ ਕੀਤੀ ਹੈ।

ਟ੍ਰੂਡੋ ਨੇ ਕਿਹਾ, ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਦੇ ਏਜੰਟਾਂ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਰਮਿਆਨ ਸੰਭਾਵੀ ਸਬੰਧ ਦੇ ਦੋਸ਼ਾਂ ਦੀ ਸਰਗਰਮੀ ਨਾਲ ਪੜਚੋਲ ਕਰ ਰਹੀਆਂ ਹਨ

ਟ੍ਰੂਡੋ ਨੇ ਕਿਹਾ, ਕੈਨੇਡੀਅਨ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਵਿਦੇਸ਼ੀ ਸਰਕਾਰ ਦੀ ਕੋਈ ਵੀ ਸ਼ਮੂਲੀਅਤ ਸਾਡੀ ਪ੍ਰਭੂਸੱਤਾ ਦੀ ਅਸਵੀਕਾਰਨਯੋਗ ਉਲੰਘਣਾ ਹੈ। ਇਹ ਉਨ੍ਹਾਂ ਬੁਨਿਆਦੀ ਨਿਯਮਾਂ ਦੇ ਉਲਟ ਹੈ ਜਿਨ੍ਹਾਂ ਨਾਲ ਆਜ਼ਾਦ, ਖੁੱਲ੍ਹੇ ਅਤੇ ਜਮਹੂਰੀ ਸਮਾਜ ਆਪਣੇ ਆਪ ਨੂੰ ਚਲਾਉਂਦੇ ਹਨ

ਜਿਵੇਂ ਕਿ ਤੁਸੀਂ ਉਮੀਦ ਕਰੋਗੇ, ਅਸੀਂ ਇਸ ਬਹੁਤ ਗੰਭੀਰ ਮਾਮਲੇ 'ਤੇ ਆਪਣੇ ਸਹਿਯੋਗੀਆਂ ਨਾਲ ਨੇੜਿਓਂ ਕੰਮ ਕਰ ਰਹੇ ਹਾਂ ਅਤੇ ਤਾਲਮੇਲ ਕਰ ਰਹੇ ਹਾਂ

ਟ੍ਰੂਡੋ ਨੇ ਭਾਰਤ ਸਰਕਾਰ ਨੂੰ ਚੱਲ ਰਹੀ ਜਾਂਚ ਵਿੱਚ ਹਿੱਸਾ ਲੈਣ ਅਤੇ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਨੇਡਾ ਨਾਲ ਸਹਿਯੋਗ ਕਰਨ ਦੀ ਪੁਰਜ਼ੋਰ ਤਰੀਕੇ ਨਾਲ ਅਪੀਲ ਕੀਤੀ।

ਉਹਨਾਂ ਕਿਹਾ ਕਿ ਕੁਝ ਇੰਡੋ-ਕੈਨੇਡੀਅਨਜ਼ ਇਸ ਸਮੇਂ ਗ਼ੁੱਸੇ ਹਨ ਅਤੇ ਸ਼ਾਇਦ ਡਰੇ ਹੋਏ ਮਹਿਸੂਸ ਕਰ ਰਹੇ ਹਨ।

ਜੌਨ ਪੌਲ ਟਸਕਰ - ਸੀਬੀਸੀ ਨਿਊਜ਼
ਪੰਜਾਬੀ ਰੂਪਾਂਤਰ - ਤਾਬਿਸ਼ ਨਕਵੀ, ਸੀਨੀਅਰ ਰਾਈਟਰ, ਰੇਡੀਓ ਕੈਨੇਡਾ ਇੰਟਰਨੈਸ਼ਨਲ

ਸੁਰਖੀਆਂ