1. ਮੁੱਖ ਪੰਨਾ
  2. ਰਾਜਨੀਤੀ
  3. ਫ਼ੈਡਰਲ ਰਾਜਨੀਤੀ

ਕੈਨੇਡਾ ਭਾਰਤ ਨਾਲ ‘ਤਣਾਅ ਵਧਾਉਣ ਦੀ ਕੋਸ਼ਿਸ਼ ਨਹੀਂ’ ਕਰ ਰਿਹਾ: ਟ੍ਰੂਡੋ

ਭਾਰਤ ਨੇ ਕੈਨੇਡਾ ਨੂੰ 41 ਡਿਪਲੋਮੈਟਾਂ ਨੂੰ ਵਾਪਸ ਸੱਦਣ ਲਈ ਆਖਿਆ ਹੈ

3 ਅਕਤੂਬਰ 2023 ਨੂੰ ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਔਟਵਾ ਵਿਚ ਲਿਬਰਲ ਕੌਕਸ ਮੀਟਿੰਗ ਲਈ ਪਹੁੰਚਦੇ ਹੋਏ।

3 ਅਕਤੂਬਰ 2023 ਨੂੰ ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਔਟਵਾ ਵਿਚ ਲਿਬਰਲ ਕੌਕਸ ਮੀਟਿੰਗ ਲਈ ਪਹੁੰਚਦੇ ਹੋਏ।

ਤਸਵੀਰ: The Canadian Press / Sean Kilpatrick

RCI

ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਨੇ ਕਿਹਾ ਕਿ ਕੈਨੇਡਾ ਸਰਕਾਰ ਭਾਰਤ ਨਾਲ ਕੂਟਨੀਤਿਕ ਤਣਾਅ ਨੂੰ ਵਧਾਉਣ ਦੀਆਂ ਕੋਸ਼ਿਸ਼ਾਂ ਵਿਚ ਨਹੀਂ ਹੈ।

ਪਰ ਟ੍ਰੂਡੋ ਨੇ ਇਸ ਬਾਰੇ ਟਿੱਪਣੀ ਨਹੀਂ ਕੀਤੀ ਕਿ ਕੀ ਕੈਨੇਡਾ ਵੀ ਭਾਰਤ ਵੱਲੋਂ 41 ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਸੱਦਣ ਲਈ ਆਖਣ ਦੇ ਫ਼ੈਸਲੇ ਤੋਂ ਬਾਅਦ ਇਸੇ ਤਰ੍ਹਾਂ ਦੀ ਕੋਈ ਜਵਾਬੀ ਕਾਰਵਾਈ ਕਰੇਗਾ ਜਾਂ ਨਹੀਂ।

ਫ਼ਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਅਨੁਸਾਰ, ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਆਖਿਆ ਹੈ।

ਇਸ ਬਾਰੇ ਪੁੱਛੇ ਜਾਣ ‘ਤੇ ਟ੍ਰੂਡੋ ਨੇ ਜ਼ੋਰ ਦੇਕੇ ਕਿਹਾ ਕਿ ਕੈਨੇਡਾ ਭਾਰਤ ਸਰਕਾਰ ਨਾਲ ਉਸਾਰੂ ਗੱਲਬਾਤ ਦੀਆਂ ਕੋਸ਼ਿਸ਼ਾਂ ਜਾਰੀ ਰੱਖੇਗਾ।

ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਦੁਆਰਾ ਸਿੱਖ ਵੱਖਵਾਦੀ ਕਾਰਕੁਨ ਹਰਦੀਪ ਸਿੰਘ ਨਿੱਝਰ ਦੀ ਮੌਤ ਵਿਚ ਭਾਰਤ ਦਾ ਹੱਥ ਹੋਣ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਦਰਮਿਆਨ ਪਿਛਲੇ ਕੁਝ ਹਫ਼ਤਿਆਂ ਵਿਚ ਬੇਹੱਦ ਕੜਵਾਹਟ ਆ ਗਈ ਹੈ।

ਫਾਈਨੈਂਸ਼ੀਅਲ ਟਾਈਮਜ਼ ਨੇ ਸਰਕਾਰੀ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤ ਨੇ 10 ਅਕਤੂਬਰ ਤੋਂ ਬਾਅਦ ਵੀ ਉੱਥੇ ਰਹਿ ਜਾਣ ਵਾਲੇ ਡਿਪਲੋਮੈਟਸ ਦੀ ਡਿਪਲੋਮੈਟਿਕ ਛੋਟ ਨੂੰ ਰੱਦ ਕਰਨ ਦੀ ਧਮਕੀ ਦਿੱਤੀ ਹੈ।

ਟ੍ਰੂਡੋ ਨੇ ਕਿਹਾ, ਭਾਰਤ ਦੇ ਨਾਲ ਕੈਨੇਡਾ ਦੇ ਕੂਟਨੀਤਕ ਸਬੰਧ ਬਹੁਤ ਹੀ ਚੁਣੌਤੀਪੂਰਨ ਸਮੇਂ ਵਿੱਚੋਂ ਲੰਘ ਰਹੇ ਹਨ ਅਤੇ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੇ ਵਿਵਾਦ ਨੇ ਕੈਨੇਡੀਅਨਜ਼ ਅਤੇ ਕੈਨੇਡੀਅਨ ਪਰਿਵਾਰਾਂ ਦੀ ਸਹਾਇਤਾ ਲਈ ਉੱਥੇ ਭਾਰਤੀ ਸਰਕਾਰ ਨਾਲ ਕੰਮ ਕਰਨ ਲਈ ਡਿਪਲੋਮੈਟਾਂ ਦਾ ਹੋਣਾ ਸਾਡੇ ਲਈ ਮਹੱਤਵਪੂਰਨ ਬਣਾ ਦਿੱਤਾ ਹੈ

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੂਟਨੀਤਕ ਵਿਵਾਦ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸਨੂੰ ਸੁਲਝਾਉਣ ਲਈ ਭਾਰਤ ਦੇ ਨਾਲ ਜ਼ਿੰਮੇਵਾਰਾਨਾ ਅਤੇ ਉਸਾਰੂ ਤੌਰ 'ਤੇ ਗੱਲਬਾਤ ਦੀ ਕੋਸ਼ਿਸ਼ ਕਰਨਾ ਜਾਰੀ ਰੱਖੇਗੀ।

ਸੀਬੀਸੀ ਨਿਊਜ਼
ਪੰਜਾਬੀ ਰੂਪਾਂਤਰ - ਤਾਬਿਸ਼ ਨਕਵੀ, ਸੀਨੀਅਰ ਰਾਈਟਰ, ਰੇਡੀਓ ਕੈਨੇਡਾ ਇੰਟਰਨੈਸ਼ਨਲ

ਸੁਰਖੀਆਂ